Punjabi Poetry

Surjit Singh Patar – Koi daaliyaan cho langhia hwaa ban ke

ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ,
ਅਸੀਂ ਰਹਿ ਗਏ ਬਿਰਖ ਵਾਲੀ ਹਾਅ ਬਣ ਕੇ।

ਪੈੜਾਂ ਤੇਰੀਆਂ ਤੇ ਦੂਰ ਦੂਰ ਤੀਕ ਮੇਰੇ ਪੱਤੇ,
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ।

ਪਿਆ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ,
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ।

ਕਦੀ ਬੰਦਿਆਂ ਦੇ ਵਾਂਗ ਸਾਨੂੰ ਮਿਲਿਆ ਵੀ ਕਰ,
ਐਵੇਂ ਲੰਘ ਜਾਨੈ ਪਾਣੀ ਕਦੇ ‘ਵਾਅ ਬਣ ਕੇ।

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਲਾ ਜਿਹਾ,
ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ।